Farm Reform Bills: ਕਿਸਾਨ ਯੂਨੀਅਨ ਉਗਰਾਹਾਂ ਨੇ ਜਾਗੋ ਕੱਢ ਕੇ ਦਿੱਲੀ ਜਾਣ ਦਾ ਸੱਦਾ ਦਿੱਤਾ


ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿੰਡਾਂ ਵਿੱਚ ਜਾਗੋ ਕੱਢ ਕੇ ਲੋਕਾਂ ਨੂੰ ਜਾਗਦੇ ਰਹਿਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਪਿੰਡ ਪਿੰਡ ਜਾਗੋ ਕੱਢ ਕੇ 26 ਦਸੰਬਰ ਨੂੰ ਵੱਡੇ ਪੱਧਰ ’ਤੇ ਦਿੱਲੀ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਬਰਨਾਲਾ ਦੇ ਪਿੰਡ ਚੀਮਾ ਵਿਖੇ ਜੱਥੇਬੰਦੀ ਵਲੋਂ ਔਰਤਾਂ ਦੀ ਅਗਵਾਈ ਵਿੱਚ ਜਾਗੋ ਕੱਢੀ ਗਈ। ਇਸ ਜਾਗੋ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਵਲੋਂ ਪਿੰਡ ਵਿੱਚ ਲੋਕਾਂ ਨੂੰ ਕਾਨੂੰਨਾਂ ਵਿਰੁੱਧ ਲਾਮਬੰਦ ਹੋਣ ਦਾ ਹੋਕਾ ਦਿੱੱਤਾ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਜੱਥੇਬੰਦੀ ਦੇ ਆਗੂਆਂ ਬਲਜੀਤ ਕੌਰ, ਕਮਲਜੀਤ ਕੌਰ ਬਰਨਾਲਾ, ਸੰਦੀਪ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ 1 ਅਕਤੂੁਬਰ ਤੋਂ ਕਿਸਾਨ ਘਰਾਂ ਤੋਂ ਬਾਹਰ ਸੜਕਾਂ ’ਤੇ ਨਿਕਲ ਕੇ ਸੰਘਰਸ਼ ਕਰ ਰਹੇ ਹਨ। ਲਗਾਤਾਰ 28 ਦਿਨਾਂ ਤੋਂ ਦਿੱਲੀ ਦੀਆਂ ਸੜਕਾਂ ’ਤੇ ਮੋਰਚੇ ਲੱਗੇ ਹੋਏ ਹਨ।

ਇਸ ਸੰਘਰਸ਼ ਦੌਰਾਨ ਜੋ ਲੋਕ ਅਜੇ ਵੀ ਘਰਾਂ ਤੋਂ ਨਹੀਂ ਨਿਕਲੇ, ਉਹਨਾਂ ਨੂੰ ਜਾਗੋ ਕੱਢ ਕੇ ਸੰਘਰਸ਼ੀ ਮੈਦਾਨ ਵਿੱਚ ਆਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ 26 ਨਵੰਬਰ ਨੂੰ ਸੂਬੇ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਾਫ਼ਲੇ ਦਿੱਲੀ ਵੱਲ ਰਵਾਨਾ ਹੋਣਗੇ। ਜਿਸ ਲਈ ਇਸ ਜਾਗੋ ਰਾਹੀਂ ਲੋਕਾਂ ਨੂੰ ਦਿੱਲੀ ਚਲੋ ਦਾ ਸੱਦਾ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਦੌਰਾਨ 30 ਦੇ ਕਰੀਬ ਕਿਸਾਨ ਸ਼ਹੀਦ ਹੋਏ ਹਨ। ਜਿਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਮੌਤ ਦੇ ਵਾਰੰਟ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਉਹ ਪਿੱਛੇ ਹਟਣ ਵਾਲੇ ਨਹੀਂ ਹਨ। ਜਿੰਨਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ, ਉਹ ਟਿਕ ਕੇ ਨਹੀਂ ਬੈਠਣਗੇ।