
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਹਮਾਇਤ ਵਿੱਚ ਨਿੱਤਰੇ ਅੰਦੋਲਨਕਾਰੀ ਲੋਕਾਂ ਨੂੰ ਕਾਨੂੰਨ ਹੱਥਾਂ ਵਿਚ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਵਿਚ ਅਮਨ-ਕਾਨੂੰਨ ਦੀ ਵਿਵਸਥਾ ’ਚ ਵਿਗਾੜ ਪੈਦਾ ਹੋਵੇਗਾ।
ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਸਿਆਸੀ ਨੇਤਾਵਾਂ ਅਤੇ ਵਰਕਰਾਂ ਦੇ ਘਰਾਂ ਵਿਚ ਜਬਰੀ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਪੰਜਾਬੀਅਤ ਦੀ ਭਾਵਨਾ ਦੇ ਉਲਟ ਹਨ ਅਤੇ ਇਸ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪਾਰਟੀ ਦੇ ਸਿਆਸੀ ਅਹੁਦੇਦਾਰਾਂ ਦੇ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਨਾ ਕਰਨ।
ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਕਿਸੇ ਵੀ ਸਿਆਸੀ ਕਾਰਕੁਨ ਦੇ ਘਰ ਵਿੱਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ ਕਰਨ ਜਾਂ ਉਨ੍ਹਾਂ ਦੇ ਘਰਾਂ ਦਾ ਘਿਰਾਓ ਕਰਨ ਨਾਲ ਅਮਨ-ਚੈਨ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਤੰਗ-ਪ੍ਰੇਸ਼ਾਨ ਕਰਨ ਜਾਂ ਹਿੰਸਕ ਕਾਰਵਾਈਆਂ ਉਨ੍ਹਾਂ ਦੇ ਸ਼ਾਂਤਮਈ ਮੁਜ਼ਾਹਰਾ ਕਰਨ ਦੇ ਹੱਕ ਵਿਰੁੱਧ ਭੁਗਤਦੀਆਂ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦੀ ਉਮੀਦ ਤੇ ਕਾਮਨਾ ਕਰਦਿਆਂ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਦੇ ਸਲੀਕੇ ਨੇ ਵਿਸ਼ਵ ਭਰ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਲਾਈਵ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਪੰਜਾਬੀਆਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮਹਾਮਾਰੀ ਦਾ ਮੁਕਾਬਲਾ ਵੀ ਡਟ ਕੇ ਕੀਤਾ।
